Today Hukamnama From Gurdwara Janam Asthan Nankana Sahib 12-Mar-2025

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥
ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ਰਹਾਉ॥
ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥
ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥
ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥
ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥
ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥
ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥
ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥
ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥
ਸ੍ਰੀ ਗੁਰੂ ਗ੍ਰੰਥ ਸਾਹਿਬ – ੬੪੧

ਵਿਆਖਿਆ :
ਹੇ ਭਾਈ ! ਕੋਈ ਮਨੁੱਖ ਵੇਦ ਪੜ੍ਹਦਾ ਹੈ ਅਤੇ ਵਿਚਾਰਦਾ ਹੈ । ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ । (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ । ਵਧੀਕ ਅਹੰਕਾਰ ਵਿਚ ਬੱਝ ਜਾਂਦੇ ਹਨ ।੧।
ਹੇ ਭਾਈ ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ । ਹੇ ਭਾਈ ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ ਪਰਖ ਕਰ ਸਕਣ ਵਾਲੀ ਅਕਲ ਦੇਹ ।ਰਹਾਉ।
ਹੇ ਭਾਈ ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ । ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ।੨।
ਹੇ ਭਾਈ ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ ਮੈਲ ਨਹੀਂ ਲਹਿੰਦੀ ।੩।
ਹੇ ਭਾਈ ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ । ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ । ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ ।੪।
ਹੇ ਭਾਈ ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ । ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ ਬੰਧਨਾਂ ਵਿਚ ਜਕੜਿਆ ਰਹਿੰਦਾ ਹੈ । ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ ।੫।
ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ । ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ । ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ ।੬।
ਹੇ ਭਾਈ ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ । ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, ਚੰਦਨ ਤੇ ਅਤਰ ਵਰਤਦੇ ਹਨ । ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ ।੭।
ਹੇ ਭਾਈ ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ—ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ । ਪਰ, ਹੇ ਨਾਨਕ ! ਆਖ—ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ ।੮।
ਹੇ ਭਾਈ ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ । ਹੇ ਭਾਈ ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ । ਰਹਾਉ ਦੂਜਾ ।੧।੩।